ਇਹ ਯਿਸੂ, ਜਿਸ ਨੂੰ ਪਰਮੇਸ਼ਰ ਨੇ ਸਾਰੀ ਮਨੁੱਖਜਾਤੀ ਉੱਪਰ ਸਭ ਤੋਂ ਉੱਚੇ ਅਧਿਕਾਰੀ ਵਜੋਂ ਚੁਣਿਆ ਸੀ, ਦੀਆਂ ਸਿੱਖਿਆਵਾਂ ਵਿੱਚੋਂ ਕੁਝ ਹਨ। ਉਹ ਉਸ ਸਲਤਨਤ ਦਾ ਰਾਜਾ ਹੈ ਜੋ ਇਸ ਸੰਸਾਰ ਦੀ ਨਹੀਂ ਹੈ। ਸਿਰਫ ਉਹ ਹੀ ਹੈ ਜੋ ਸਾਨੂੰ ਗਲਤ ਕੰਮ ਕਰਨ ਤੋਂ ਬਚਾ ਸਕਦਾ ਹੈ। ਉਹ ਪਰਮੇਸ਼ਰ ਦਾ ਪੁੱਤਰ ਅਤੇ ਮਨੁੱਖ ਦਾ ਪੁੱਤਰ ਹੈ।

ਭੀੜ ਨੂੰ ਵੇਖ ਕੇ ਉਹ ਪਹਾੜ ਉੱਤੇ ਚੜ੍ਹ ਗਿਆ ਅਰ ਜਦ ਬੈਠਾ ਤਦ ਉਹ ਦੇ ਚੇਲੇ ਉਹ ਦੇ ਕੋਲ ਆਏ। ਅਤੇ ਉਸ ਨੇ ਆਪਣਾ ਮੂੰਹ ਖੋਲ੍ਹਿਆ ਅਤੇ ਉਨ੍ਹਾਂ ਨੂੰ ਇਹ ਉਪਦੇਸ਼ ਦੇਣ ਲੱਗਾ— ਧੰਨ ਓਹ ਜਿਹੜੇ ਦਿਲ ਦੇ ਗ਼ਰੀਬ ਹਨ ਕਿਉਂ ਜੋ ਸੁਰਗ ਦਾ ਰਾਜ ਉਨ੍ਹਾਂ ਦਾ ਹੈ। ਧੰਨ ਓਹ ਜਿਹੜੇ ਸੋਗ ਕਰਦੇ ਹਨ ਕਿਉਂ ਜੋ ਓਹ ਸ਼ਾਂਤ ਕੀਤੇ ਜਾਣਗੇ। ਧੰਨ ਓਹ ਜਿਹੜੇ ਹਲੀਮ ਹਨ ਕਿਉਂ ਜੋ ਓੁਹ ਧਰਤੀ ਦੇ ਵਾਰਸ ਹੋਣਗੇ। ਧੰਨ ਓਹ ਜਿਹੜੇ ਧਰਮ ਦੇ ਭੁੱਖੇ ਤੇ ਤਿਹਾਏ ਹਨ ਕਿਉਂ ਜੋ ਓਹ ਰਜਾਏ ਜਾਣਗੇ। ਧੰਨ ਓਹ ਜਿਹੜੇ ਦਯਾਵਾਨ ਹਨ ਕਿਉਂ ਜੋ ਉਨ੍ਹਾਂ ਉੱਤੇ ਦਯਾ ਕੀਤੀ ਜਾਵੇਗੀ। ਧੰਨ ਓਹ ਜਿਹੜੇ ਸ਼ੁੱਧਮਨ ਹਨ ਕਿਉਂ ਜੋ ਓੁਹ ਪਰਮੇਸ਼ੁਰ ਨੂੰ ਵੇਖਣਗੇ। ਧੰਨ ਓਹ ਜਿਹੜੇ ਮੇਲ ਕਰਾਉਣ ਵਾਲੇ ਹਨ ਕਿਉਂ ਜੋ ਓਹ ਪਰਮੇਸ਼ੁਰ ਦੇ ਪੁੱਤ੍ਰ ਕਹਾਉਣਗੇ। ਧੰਨ ਓਹ ਜਿਹੜੇ ਧਰਮ ਦੇ ਕਾਰਨ ਸਤਾਏ ਗਏ ਹਨ ਕਿਉਂ ਜੋ ਸੁਰਗ ਦਾ ਰਾਜ ਉਨ੍ਹਾਂ ਦਾ ਹੈ। ਧੰਨ ਹੋ ਤੁਸੀਂ ਜਾਂ ਮਨੁੱਖ ਮੇਰੇ ਕਾਰਨ ਤੁਹਾਨੂੰ ਬੋਲੀਆਂ ਮਾਰਨਗੇ ਅਤੇ ਸਤਾਉਣਗੇ ਅਤੇ ਹਰੇਕ ਬੁਰੀ ਗੱਲ ਤੁਹਾਡੇ ਉੱਤੇ ਝੂਠ ਮੂਠ ਲਾਉਣਗੇ। ਅਨੰਦ ਹੋਵੋ ਅਤੇ ਖ਼ੁਸ਼ੀ ਕਰੋ ਕਿਉਂ ਜੋ ਤੁਹਾਡਾ ਫਲ ਸੁਰਗ ਵਿੱਚ ਬਹੁਤ ਹੈ ਇਸ ਲਈ ਜੋ ਉਨ੍ਹਾਂ ਨੇ ਤੁਹਾਥੋਂ ਅਗਲਿਆਂ ਨਬੀਆਂ ਨੂੰ ਇਸੇ ਤਰਾਂ ਸਤਾਇਆ ਸੀ। ਤੁਸੀਂ ਧਰਤੀ ਦੇ ਲੂਣ ਹੋ ਪਰ ਜੇ ਲੂਣ ਬੇਸੁਆਦ ਹੋ ਜਾਵੇ ਤਾਂ ਕਿਸ ਬਿਧ ਸਲੂਣਾ ਕੀਤਾ ਜਾਵੇਗਾ ? ਉਹ ਫੇਰ ਕਿਸੇ ਕੰਮ ਦਾ ਨਹੀਂ ਪਰ ਇਹ ਕਿ ਬਾਹਰ ਸੁੱਟਿਆ ਅਤੇ ਮਨੁੱਖਾਂ ਦੇ ਪੈਰਾਂ ਹੇਠ ਮਿੱਧਿਆ ਜਾਵੇ। ਤੁਸੀਂ ਜਗਤ ਦੇ ਚਾਨਣ ਹੋ। ਜਿਹੜਾ ਨਗਰ ਪਹਾੜ ਉੱਤੇ ਵੱਸਦਾ ਹੈ ਉਹ ਗੁੱਝਾ ਨਹੀਂ ਰਹਿ ਸੱਕਦਾ। ਅਤੇ ਦੀਵਾ ਬਾਲ ਕੇ ਟੋਪੇ ਦੇ ਹੇਠ ਨਹੀਂ ਸਗੋਂ ਦੀਵਟ ਉੱਤੇ ਰੱਖਦੇ ਹਨ ਤਾਂ ਉਹ ਸੱਭਨਾਂ ਨੂੰ ਜਿਹੜੇ ਘਰ ਵਿੱਚ ਹਨ ਚਾਨਣ ਦਿੰਦਾ ਹੈ। ਇਸੇ ਤਰਾਂ ਤੁਹਾਡਾ ਚਾਨਣ ਮਨੁੱਖਾਂ ਦੇ ਸਾਹਮਣੇ ਚਮਕੇ ਤਾਂ ਜੋ ਓਹ ਤੁਹਾਡੇ ਸ਼ੁਭ ਕਰਮ ਵੇਖ ਕੇ ਤੁਹਾਡੇ ਪਿਤਾ ਦੀ ਜਿਹੜਾ ਸੁਰਗ ਵਿੱਚ ਹੈ ਵਡਿਆਈ ਕਰਨ। ਇਹ ਨਾ ਸਮਝੋ ਭਈ ਮੈਂ ਤੁਰੇਤ ਯਾ ਨਬੀਆਂ ਨੂੰ ਖੰਡਣ ਆਇਆ ਹਾਂ। ਮੈਂ ਖੰਡਣ ਨਹੀਂ ਸਗੋਂ ਪੂਰਿਆਂ ਕਰਨ ਨੂੰ ਆਇਆ ਹਾਂ। ਕਿਉਂ ਜੋ ਮੈਂ ਤੁਹਾਨੂੰ ਸਤ ਆਖਦਾ ਹਾਂ ਕਿ ਜਿੰਨਾ ਚਿਰ ਅਕਾਸ਼ ਅਤੇ ਧਰਤੀ ਟਲ ਨਾ ਜਾਣ ਇੱਕ ਅੱਖਰ ਯਾ ਇੱਕ ਬਿੰਦੀ ਵੀ ਤੁਰੇਤ ਦੀ ਨਾ ਟਲੇਗੀ ਜਦ ਤੀਕ ਸਭ ਕੁਝ ਪੂਰਾ ਨਾ ਹੋਵੇ। ਸੋ ਜੇ ਕੋਈ ਇਨ੍ਹਾਂ ਸਭਨਾਂ ਤੋਂ ਛੋਟਿਆਂ ਹੁਕਮਾਂ ਵਿੱਚੋਂ ਇੱਕ ਨੂੰ ਵੀ ਟਾਲ ਦੇਵੇ ਅਤੇ ਇਸੇ ਤਰਾਂ ਮਨੁੱਖਾਂ ਨੂੰ ਸਿਖਲਾਵੇ ਸੋ ਸੁਰਗ ਦੇ ਰਾਜ ਵਿੱਚ ਸਭਨਾਂ ਨਾਲੋਂ ਛੋਟਾ ਕਹਾਵੇਗਾ ਪਰ ਜਿਹੜਾ ਉਨ੍ਹਾਂ ਦੀ ਪਾਲਨਾ ਕਰੇ ਅਤੇ ਸਿਖਲਾਵੇ ਉਹ ਸੁਰਗ ਦੇ ਰਾਜ ਵਿੱਚ ਵੱਡਾ ਕਹਾਵੇਗਾ। ਕਿਉਂ ਜੋ ਮੈਂ ਤੁਹਾਨੂੰ ਆਖਦਾ ਹਾਂ ਭਈ ਜੇ ਤੁਹਾਡਾ ਧਰਮ ਗ੍ਰੰਥੀਆਂ ਅਤੇ ਫ਼ਰੀਸੀਆਂ ਦੇ ਧਰਮ ਨਾਲੋਂ ਵੱਧ ਨਾ ਹੋਵੇ ਤਾਂ ਤੁਸੀਂ ਸੁਰਗ ਦੇ ਰਾਜ ਵਿੱਚ ਕਿਸੇ ਬਿਧ ਨਾ ਵੜੋਗੇ। ਤੁਸਾਂ ਸੁਣਿਆ ਹੈ ਜੋ ਅਗਲਿਆਂ ਨੂੰ ਇਹ ਕਿਹਾ ਗਿਆ ਸੀ, ਤੂੰ ਖੂਨ ਨਾ ਕਰ ਅਤੇ ਜੇ ਕੋਈ ਖੂਨ ਕਰੇ ਸੋ ਅਦਾਲਤ ਵਿੱਚ ਸਜ਼ਾ ਦੇ ਲਾਇਕ ਹੋਵੇਗਾ। ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਹਰੇਕ ਜੋ ਆਪਣੇ ਭਰਾ ਉੱਤੇ ਕ੍ਰੋਧ ਕਰੇ ਉਹ ਅਦਾਲਤ ਵਿੱਚ ਸਜ਼ਾ ਦੇ ਲਾਇਕ ਹੋਵੇਗਾ ਅਤੇ ਜਿਹੜਾ ਆਪਣੇ ਭਰਾ ਨੂੰ ਗਾਲ ਦੇਵੇ ਉਹ ਸਭਾ ਵਿੱਚ ਸਜ਼ਾ ਦੇ ਲਾਇਕ ਹੋਵੇਗਾ ਪਰ ਜਿਹੜਾ ਕਹੇ ਮੂਰਖਾ ਉਹ ਅਗਨ ਦੇ ਨਰਕ ਦੀ ਸਜ਼ਾ ਦੇ ਲਾਇਕ ਹੋਵੇਗਾ। ਸੋ ਜੇ ਤੂੰ ਜਗਵੇਦੀ ਉੱਤੇ ਆਪਣੀ ਭੇਟ ਚੜ੍ਹਾਉਣ ਲੱਗੇਂ ਅਰ ਉੱਥੇ ਤੈਨੂੰ ਚੇਤੇ ਆਵੇ ਜੋ ਮੈਂ ਆਪਣੇ ਭਰਾ ਨਾਲ ਖੋਟ ਕਮਾਇਆ ਹੈ। ਤਾਂ ਉੱਥੇ ਆਪਣੀ ਭੇਟ ਜਗਵੇਦੀ ਦੇ ਸਾਹਮਣੇ ਛੱਡ ਕੇ ਚੱਲਿਆ ਜਾਹ ਅਤੇ ਪਹਿਲਾਂ ਆਪਣੇ ਭਰਾ ਨਾਲ ਮੇਲ ਕਰ। ਪਿੱਛੋਂ ਆਣ ਕੇ ਆਪਣੀ ਭੇਟ ਚੜ੍ਹਾ। ਜਿੰਨਾ ਚਿਰ ਤੂੰ ਆਪਣੇ ਮੁਦਈ ਨਾਲ ਰਸਤੇ ਵਿੱਚ ਹੈਂ ਛੇਤੀ ਉਹ ਦੇ ਨਾਲ ਮਿਲਾਪ ਕਰ ਮਤੇ ਮੁਦਈ ਤੈਨੂੰ ਹਾਕਮ ਦੇ ਹਵਾਲੇ ਕਰੇ ਅਤੇ ਹਾਕਮ ਤੈਨੂੰ ਸਿਪਾਹੀ ਦੇ ਹਵਾਲੇ ਕਰੇ ਅਤੇ ਤੂੰ ਕੈਦ ਵਿੱਚ ਪੈ ਜਾਵੇਂ। ਮੈਂ ਤੈਨੂੰ ਸਤ ਆਖਦਾ ਹਾਂ ਭਈ ਜਿੰਨਾ ਚਿਰ ਤੂੰ ਕੌਡੀ ਕੌਡੀ ਨਾ ਭਰ ਦੇਵੇਂ ਉੱਥੋਂ ਕਿਸੇ ਬਿਧ ਨਾ ਛੁੱਟੇਂਗਾ। ਤੁਸਾਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਭਈ ਤੂੰ ਜ਼ਨਾਹ ਨਾ ਕਰ। ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਜੋ ਕੋਈ ਤੀਵੀਂ ਨੂੰ ਬੁਰੀ ਇੱਛਿਆ ਕਰਕੇ ਵੇਖਦਾ ਹੈ ਸੋ ਤਦੋਂ ਹੀ ਆਪਣੇ ਮਨੋਂ ਉਹ ਦੇ ਨਾਲ ਜ਼ਨਾਹ ਕਰ ਚੁੱਕਿਆ। ਅਰ ਜੇ ਤੇਰੀ ਸੱਜੀ ਅੱਖ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਕੱਢ ਕੇ ਆਪਣੇ ਕੋਲੋਂ ਸੁੱਟ ਦਿਹ ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਸੁੱਟਿਆ ਨਾ ਜਾਵੇ। ਅਤੇ ਜੇ ਤੇਰਾ ਸੱਜਾ ਹੱਥ ਤੈਨੂੰ ਠੋਕਰ ਖੁਆਵੇ ਤਾਂ ਉਹ ਨੂੰ ਵੱਢ ਕੇ ਆਪਣੇ ਕੋਲੋਂ ਸੁੱਟ ਦਿਹ ਕਿਉਂ ਜੋ ਤੇਰੇ ਲਈ ਇਹੋ ਭਲਾ ਹੈ ਕਿ ਤੇਰੇ ਅੰਗਾਂ ਵਿੱਚੋਂ ਇੱਕ ਦਾ ਨਾਸ ਹੋਵੇ ਪਰ ਤੇਰਾ ਸਾਰਾ ਸਰੀਰ ਨਰਕ ਵਿੱਚ ਨਾ ਜਾਵੇ। ਅਤੇ ਇਹ ਵੀ ਕਿਹਾ ਗਿਆ ਸੀ ਭਈ ਜਿਹੜਾ ਆਪਣੀ ਤੀਵੀਂ ਨੂੰ ਤਿਆਗੇ ਉਹ ਉਸ ਨੂੰ ਤਿਆਗ ਪੱਤਰੀ ਲਿਖ ਦੇਵੇ। ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਜਿਹੜਾ ਆਪਣੀ ਤੀਵੀਂ ਨੂੰ ਹਰਾਮਕਾਰੀ ਤੋਂ ਛੁੱਟ ਕਿਸੇ ਹੋਰ ਸਬੱਬ ਨਾਲ ਤਿਆਗੇ ਉਹ ਉਸ ਕੋਲੋਂ ਜ਼ਨਾਹ ਕਰਾਉਂਦਾ ਹੈ ਅਤੇ ਜੇ ਕੋਈ ਉਸ ਤਿਆਗੀ ਹੋਈ ਨਾਲ ਵਿਆਹ ਕਰੇ ਸੋ ਜ਼ਨਾਹ ਕਰਦਾ ਹੈ। ਫੇਰ ਤੁਸਾਂ ਸੁਣਿਆ ਹੈ ਜੋ ਅਗਲਿਆਂ ਨੂੰ ਇਹ ਕਿਹਾ ਗਿਆ ਸੀ ਭਈ ਤੂੰ ਝੂਠੀ ਸੌਂਹ ਨਾ ਖਾਹ ਪਰ ਪ੍ਰਭੁ ਦੇ ਲਈ ਆਪਣੀਆਂ ਸੌਂਹਾਂ ਪੂਰੀਆਂ ਕਰ। ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਕਦੇ ਵੀ ਸੌਂਹ ਨਾ ਖਾਣੀ, ਨਾ ਅਕਾਸ਼ ਦੀ ਇਸ ਲਈ ਜੋ ਉਹ ਪਰਮੇਸ਼ੁਰ ਦਾ ਸਿੰਘਾਸਣ ਹੈ। ਅਤੇ ਨਾ ਧਰਤੀ ਦੀ ਇਸ ਲਈ ਜੋ ਉਹ ਉਸ ਦੇ ਚਰਨਾਂ ਦੀ ਚੌਂਕੀ ਹੈ ਅਤੇ ਨਾ ਯਰੂਸ਼ਲਮ ਦੀ ਇਸ ਲਈ ਜੋ ਉਹ ਮਹਾਰਾਜ ਦਾ ਸ਼ਹਿਰ ਹੈ। ਅਤੇ ਨਾ ਆਪਣੇ ਸਿਰ ਦੀ ਸੌਂਹ ਖਾਹ ਕਿਉਂ ਜੋ ਤੂੰ ਇੱਕ ਵਾਲ ਨੂੰ ਧੌਲਾ ਯਾ ਕਾਲਾ ਨਹੀਂ ਕਰ ਸੱਕਦਾ। ਪਰ ਤੁਹਾਡੇ ਬੋਲਣ ਵਿੱਚ ਹਾਂ ਦੀ ਹਾਂ ਅਤੇ ਨਾ ਦੀ ਨਾ ਹੋਵੇ ਅਰ ਜੋ ਇਨ੍ਹਾਂ ਤੋਂ ਵੱਧ ਹੈ ਸੋ ਬਦੀ ਤੋਂ ਹੁੰਦਾ ਹੈ। ਤੁਸਾਂ ਸੁਣਿਆ ਹੈ ਜੋ ਕਿਹਾ ਗਿਆ ਸੀ ਕਿ ਅੱਖ ਦੇ ਬਦਲੇ ਅੱਖ ਅਤੇ ਦੰਦ ਦੇ ਬਦਲੇ ਦੰਦ। ਪਰ ਮੈਂ ਤੁਹਾਨੂੰ ਆਖਦਾ ਹਾਂ ਜੋ ਦੁਸ਼ਟ ਦਾ ਸਾਹਮਣਾ ਨਾ ਕਰਨਾ ਸਗੋਂ ਜੋ ਕੋਈ ਤੇਰੀ ਸੱਜੀ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਦੂਈ ਵੀ ਉਹ ਦੀ ਵੱਲ ਭੁਆ ਦਿਹ। ਅਤੇ ਜਿਹੜਾ ਤੇਰੇ ਉੱਤੇ ਨਾਲਸ਼ ਕਰ ਕੇ ਤੇਰਾ ਕੁੜਤਾ ਲੈਣਾ ਚਾਹੇ ਤਾਂ ਉਹ ਨੂੰ ਚਾਦਰ ਵੀ ਲੈਣ ਦਿਹ। ਅਤੇ ਜੇ ਕੋਈ ਤੈਨੂੰ ਇੱਕ ਕੋਹ ਵਿਗਾਰੇ ਲੈ ਜਾਵੇ ਤਾਂ ਉਹ ਦੇ ਨਾਲ ਦੋ ਕੋਹ ਚੱਲਿਆ ਜਾਹ। ਜਿਹੜਾ ਤੈਥੋਂ ਮੰਗੇ ਉਹ ਨੂੰ ਦਿਹ ਅਤੇ ਜੋ ਤੇਰੇ ਕੋਲੋਂ ਉਧਾਰ ਮੰਗੇ ਉਸ ਤੋਂ ਮੂੰਹ ਨਾ ਮੋੜ। ਤੁਸਾਂ ਸੁਣਿਆ ਹੈ ਜੋ ਇਹ ਕਿਹਾ ਗਿਆ ਸੀ ਕਿ ਤੂੰ ਆਪਣੇ ਗੁਆਂਢੀ ਨਾਲ ਪਿਆਰ ਕਰ ਅਤੇ ਆਪਣੇ ਵੈਰੀ ਨਾਲ ਵੈਰ ਰੱਖ। ਪਰ ਮੈਂ ਤੁਹਾਨੂੰ ਆਖਦਾ ਹਾਂ ਭਈ ਆਪਣੇ ਵੈਰੀਆਂ ਨਾਲ ਪਿਆਰ ਕਰੋ ਅਤੇ ਜੋ ਤੁਹਾਨੂੰ ਸਤਾਉਣ ਉਨ੍ਹਾਂ ਲਈ ਪ੍ਰਾਰਥਨਾ ਕਰੋ। ਤਾਂ ਜੋ ਤੁਸੀਂ ਆਪਣੇ ਪਿਤਾ ਦੇ ਜਿਹੜਾ ਸੁਰਗ ਵਿੱਚ ਹੈ ਪੁੱਤ੍ਰ ਹੋਵੋ ਕਿਉਂ ਜੋ ਉਹ ਆਪਣਾ ਸੂਰਜ ਬੁਰਿਆਂ ਅਤੇ ਭਲਿਆਂ ਉੱਤੇ ਚਾੜ੍ਹਦਾ ਹੈ ਅਤੇ ਧਰਮੀਆਂ ਅਤੇ ਕੁਧਰਮੀਆਂ ਉੱਤੇ ਮੀਂਹ ਵਰਸਾਉਂਦਾ ਹੈ। ਜੇ ਤੁਸੀਂ ਉਨ੍ਹਾਂ ਨਾਲ ਹੀ ਪਿਆਰ ਕਰੋ ਜਿਹੜੇ ਤੁਹਾਡੇ ਨਾਲ ਪਿਆਰ ਕਰਦੇ ਹਨ ਤਾਂ ਤੁਹਾਡਾ ਕੀ ਫਲ ਹੈ ?ਭਲਾ, ਮਸੂਲੀਏ ਭੀ ਇਹੋ ਨਹੀਂ ਕਰਦੇ? ਅਤੇ ਜੇਕਰ ਤੁਸੀਂ ਨਿਰਾ ਆਪਣੇ ਭਾਈਆਂ ਨੂੰ ਪਰਨਾਮ ਕਰੋ ਤਾਂ ਤੁਸੀਂ ਕੀ ਵੱਧ ਕਰਦੇ ਹੋ? ਭਲਾ, ਪਰਾਈ ਕੌਮ ਦੇ ਲੋਕ ਭੀ ਇਹੋ ਨਹੀਂ ਕਰਦੇ? ਸੋ ਜਿਵੇਂ ਤੁਹਾਡਾ ਸੁਰਗੀ ਪਿਤਾ ਸੰਪੂਰਣ ਹੈ ਤਿਵੇਂ ਤੁਸੀਂ ਵੀ ਸੰਪੂਰਣ ਹੋਵੋ। ਖ਼ਬਰਦਾਰ, ਤੁਸੀਂ ਆਪਣੇ ਧਰਮ ਦੇ ਕੰਮ ਮਨੁੱਖਾਂ ਦੇ ਸਾਹਮਣੇ ਉਨ੍ਹਾਂ ਨੂੰ ਵਿਖਾਉਣ ਲਈ ਨਾ ਕਰੋ ਨਹੀਂ ਤਾਂ ਤੁਹਾਡੇ ਪਿਤਾ ਕੋਲ ਜਿਹੜਾ ਸੁਰਗ ਵਿੱਚ ਹੈ ਤੁਹਾਡਾ ਕੁਝ ਫਲ ਨਹੀਂ। ਸੋ ਜਦ ਤੂੰ ਦਾਨ ਕਰੇਂ ਆਪਣੇ ਮੁਹਰੇ ਤੁਰਹੀ ਨਾ ਬਜਵਾ ਜਿਸ ਪਰਕਾਰ ਕਪਟੀ ਸਮਾਜਾਂ ਅਤੇ ਰਸਤਿਆਂ ਵਿੱਚ ਕਰਦੇ ਹਨ ਭਈ ਲੋਕ ਉਨ੍ਹਾਂ ਦੀ ਵਡਿਆਈ ਕਰਨ। ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਓਹ ਆਪਣਾ ਫਲ ਪਾ ਚੁੱਕੇ। ਪਰ ਜਾਂ ਤੂੰ ਦਾਨ ਕਰੇਂ ਤਾਂ ਜੋ ਕੁਝ ਤੇਰਾ ਸੱਜਾ ਹੱਥ ਕਰਦਾ ਹੈ ਤੇਰਾ ਖੱਬਾ ਹੱਥ ਨਾ ਜਾਣੇ। ਭਈ ਤੇਰਾ ਦਾਨ ਗੁਪਤ ਵਿੱਚ ਹੋਵੇ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇ। ਅਤੇ ਜਾਂ ਤੁਸੀਂ ਪ੍ਰਾਰਥਨਾ ਕਰੋ ਤਾਂ ਕਪਟੀਆਂ ਵਾਂਙੁ ਨਾ ਹੋ ਕਿਉਂ ਜੋ ਓਹ ਸਮਾਜਾਂ ਅਤੇ ਚੌਂਕਾਂ ਦੇ ਖੂੰਜਿਆਂ ਵਿੱਚ ਖੜੇ ਹੋਕੇ ਪ੍ਰਾਰਥਨਾ ਕਰਨੀ ਪਸਿੰਦ ਕਰਦੇ ਹਨ ਜੋ ਮਨੁੱਖ ਉਨ੍ਹਾਂ ਨੂੰ ਵੇਖਣ। ਮੈਂ ਤੁਹਾਨੂੰ ਸਤ ਆਖਦਾ ਹਾਂ ਜੋ ਓਹ ਆਪਣਾ ਫਲ ਪਾ ਚੁੱਕੇ। ਪਰ ਜਾਂ ਤੂੰ ਪ੍ਰਾਰਥਨਾ ਕਰੇਂ ਤਾਂ ਆਪਣੀ ਕੋਠੜੀ ਵਿੱਚ ਵੜ ਅਤੇ ਆਪਣਾ ਬੂਹਾ ਭੇੜ ਕੇ ਆਪਣੇ ਪਿਤਾ ਤੋਂ ਜਿਹੜਾ ਗੁਪਤ ਹੈ ਪ੍ਰਾਰਥਨਾ ਕਰ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ। ਅਤੇ ਤੁਸੀਂ ਪ੍ਰਾਰਥਨਾ ਕਰਦਿਆਂ ਹੋਇਆਂ ਪਰਾਈਆਂ ਕੌਮਾਂ ਦੇ ਲੋਕਾਂ ਵਾਂਗਰ ਬਕ ਬਕ ਨਾ ਕਰੋ ਕਿਉਂ ਜੋ ਓਹ ਸਮਝਦੇ ਹਨ ਭਈ ਸਾਡੇ ਬਹੁਤ ਬੋਲਣ ਕਰਕੇ ਸਾਡੀ ਸੁਣੀ ਜਾਵੇਗੀ। ਸੋ ਤੁਸੀਂ ਉਨ੍ਹਾਂ ਵਰਗੇ ਨਾ ਹੋਵੋ ਕਿਉਂ ਜੋ ਤੁਹਾਡਾ ਪਿਤਾ ਤੁਹਾਡੇ ਮੰਗਣ ਤੋਂ ਪਹਿਲਾਂ ਹੀ ਜਾਣਦਾ ਹੈ ਭਈ ਤੁਹਾਨੂੰ ਕਿਨ੍ਹਾਂ ਕਿਨ੍ਹਾਂ ਵਸਤਾਂ ਦੀ ਲੋੜ ਹੈ। ਸੋ ਤੁਸੀਂ ਇਸ ਬਿਧ ਨਾਲ ਪ੍ਰਾਰਥਨਾ ਕਰੋ, — ਹੇ ਸਾਡੇ ਪਿਤਾ, ਜਿਹੜਾ ਸੁਰਗ ਵਿੱਚ ਹੈਂ, ਤੇਰਾ ਨਾਮ ਪਾਕ ਮੰਨਿਆ ਜਾਵੇ, ਤੇਰਾ ਰਾਜ ਆਵੇ,ਤੇਰੀ ਮਰਜ਼ੀ ਜਿਹੀ ਸੁਰਗ ਵਿੱਚ ਪੂਰੀ ਹੁੰਦੀ ਹੈ ਜਮੀਨ ਉੱਤੇ ਵੀ ਹੋਵੇ। ਸਾਡੀ ਰੋਜ ਦੀ ਰੋਟੀ ਅੱਜ ਸਾਨੂੰ ਦਿਹ, ਅਤੇ ਸਾਡੇ ਕਰਜ਼ ਸਾਨੂੰ ਮਾਫ਼ ਕਰ, ਜਿਵੇਂ ਅਸਾਂ ਵੀ ਆਪਣੇ ਕਰਜਾਈਆਂ ਨੂੰ ਮਾਫ਼ ਕੀਤਾ ਹੈ, ਅਤੇ ਸਾਨੂੰ ਪਰਤਾਵੇ ਵਿੱਚ ਨਾ ਲਿਆ, ਸਗੋਂ ਬੁਰਿਆਈ ਤੋਂ ਬਚਾ। ਕਿਉਂਕਿ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਕਰ ਦਿਓ ਤਾਂ ਤੁਹਾਡਾ ਸੁਰਗੀ ਪਿਤਾ ਤੁਹਾਨੂੰ ਵੀ ਮਾਫ਼ ਕਰ ਦੇਵੇਗਾ। ਪਰ ਜੇ ਤੁਸੀਂ ਮਨੁੱਖਾਂ ਨੂੰ ਉਨ੍ਹਾਂ ਦੇ ਅਪਰਾਧ ਮਾਫ਼ ਨਾ ਕਰੋ ਤਾਂ ਤੁਹਾਡਾ ਪਿਤਾ ਵੀ ਤੁਹਾਡੇ ਅਪਰਾਧ ਮਾਫ਼ ਨਾ ਕਰੇਗਾ। ਅਤੇ ਜਾਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਵਾਂਙੁ ਮੂੰਹ ਉਦਾਸ ਨਾ ਬਣਾਓ ਕਿਉਂ ਜੋ ਓਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ ਭਈ ਓਹ ਮਨੁੱਖਾਂ ਨੂੰ ਵਰਤੀ ਮਲੂਮ ਹੋਣ। ਮੈਂ ਤੁਹਾਨੂੰ ਸਤ ਆਖਦਾ ਹਾਂ ਭਈ ਓਹ ਆਪਣਾ ਫਲ ਪਾ ਚੁੱਕੇ। ਪਰ ਜਾਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ। ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ। ਆਪਣੇ ਲਈ ਧਰਤੀ ਉੱਤੇ ਧਨ ਨਾ ਜੋੜੋ ਜਿੱਥੇ ਕੀੜਾ ਅਤੇ ਜੰਗਾਲ ਵਿਗਾੜਦਾ ਹੈ ਅਰ ਜਿੱਥੇ ਚੋਰ ਸੰਨ੍ਹ ਮਾਰਦੇ ਅਤੇ ਚੁਰਾਉਂਦੇ ਹਨ। ਪਰ ਸੁਰਗ ਵਿੱਚ ਆਪਣੇ ਲਈ ਧਨ ਜੋੜੋ ਜਿੱਥੇ ਨਾ ਕੀੜਾ ਨਾ ਜੰਗਾਲ ਵਿਗਾੜਦਾ ਹੈ ਅਰ ਜਿੱਥੇ ਚੋਰ ਨਾ ਸੰਨ੍ਹ ਮਾਰਦੇ ਨਾ ਚੁਰਾਉਂਦੇ ਹਨ। ਕਿਉਂਕਿ ਜਿੱਥੇ ਤੇਰਾ ਧਨ ਹੈ ਉੱਥੇ ਤੇਰਾ ਮਨ ਵੀ ਹੋਵੇਗਾ। ਸਰੀਰ ਦਾ ਦੀਵਾ ਅੱਖ ਹੈ, ਇਸ ਲਈ ਜੇ ਤੇਰੀ ਅੱਖ ਨਿਰਮਲ ਹੋਵੇ ਤਾਂ ਤੇਰਾ ਸਾਰਾ ਸਰੀਰ ਚਾਨਣਾ ਹੋਵੇਗਾ। ਪਰ ਜੇ ਤੇਰੀ ਅੱਖ ਬੁਰੀ ਹੋਵੇ ਤਾਂ ਤੇਰਾ ਸਾਰਾ ਸਰੀਰ ਅਨ੍ਹੇਰਾ ਹੋਵੇਗਾ। ਸੋ ਜੇ ਤੇਰੇ ਅੰਦਰ ਦਾ ਚਾਨਣ ਅਨ੍ਹੇਰਾ ਹੋਵੇ ਤਾਂ ਕਿੱਡਾ ਅਨ੍ਹੇਰਾ ਹੋਵੇਗਾ ! ਕੋਈ ਮਨੁੱਖ ਦੋ ਮਾਲਕਾਂ ਦੀ ਸੇਵਾ ਨਹੀਂ ਕਰ ਸੱਕਦਾ ਕਿਉਂ ਜੋ ਇੱਕ ਨਾਲ ਵੈਰ ਅਤੇ ਦੂਏ ਨਾਲ ਪ੍ਰੀਤ ਰੱਖੇਗਾ ਯਾ ਇੱਕ ਨਾਲ ਮਿਲਿਆ ਰਹੇਗਾ ਅਤੇ ਦੂਏ ਨੂੰ ਤੁੱਛ ਜਾਣੇਗਾ। ਤੁਸੀਂ ਪਰਮੇਸ਼ੁਰ ਅਤੇ ਮਾਯਾ ਦੋਹਾਂ ਦੀ ਸੇਵਾ ਨਹੀਂ ਕਰ ਸੱਕਦੇ ਹੋ। ਇਸ ਕਰਕੇ ਮੈਂ ਤੁਹਾਨੂੰ ਆਖਦਾ ਹਾਂ ਜੋ ਆਪਣੇ ਪ੍ਰਾਣਾਂ ਦੇ ਲਈ ਚਿੰਤਾ ਨਾ ਕਰੋ ਭਈ ਅਸੀਂ ਕੀ ਖਾਵਾਂਗੇ ਯਾ ਕੀ ਪੀਵਾਂਗੇ ਅਤੇ ਨਾ ਆਪਣੇ ਸਰੀਰ ਦੇ ਲਈ ਜੋ ਕੀ ਪਹਿਨਾਂਗੇ? ਭਲਾ, ਪ੍ਰਾਣ ਭੋਜਨ ਨਾਲੋਂ ਅਤੇ ਸਰੀਰ ਬਸਤ੍ਰ ਨਾਲੋਂ ਵਧੀਕ ਨਹੀਂ? ਅਕਾਸ਼ ਦੇ ਪੰਛੀਆਂ ਵੱਲ ਧਿਆਨ ਕਰੋ ਜੋ ਓਹ ਨਾ ਬੀਜਦੇ ਨਾ ਵੱਢਦੇ ਹਨ ਅਤੇ ਨਾ ਹੀ ਭੜੋਲਿਆਂ ਵਿੱਚ ਇਕੱਠੇ ਕਰਦੇ ਹਨ ਅਰ ਤੁਹਾਡਾ ਸੁਰਗੀ ਪਿਤਾ ਉਨ੍ਹਾਂ ਦੀ ਪਿਰਤਪਾਲ ਕਰਦਾ ਹੈ। ਭਲਾ, ਤੁਸੀਂ ਉਨ੍ਹਾਂ ਨਾਲੋਂ ਉੱਤਮ ਨਹੀਂ ਹੋ ? ਅਤੇ ਤੁਹਾਡੇ ਵਿੱਚੋਂ ਉਹ ਕਿਹੜਾ ਹੈ ਜਿਹੜਾ ਚਿੰਤਾ ਕਰਕੇ ਆਪਣੀ ਉਮਰ ਨੂੰ ਇੱਕ ਪਲ ਵਧਾ ਸੱਕਦਾ ਹੈ ? ਅਤੇ ਬਸਤ੍ਰ ਲਈ ਕਾਹਨੂੰ ਚਿੰਤਾ ਕਰਦੇ ਹੋ ? ਜੰਗਲੀ ਸੋਸਨਾਂ ਨੂੰ ਵੇਖੋ ਜੋ ਓਹ ਕਿੱਕੁਰ ਵਧਦੇ ਹਨ। ਓਹ ਨਾ ਮਿਹਨਤ ਕਰਦੇ ਨਾ ਕੱਤਦੇ ਹਨ। ਪਰ ਮੈਂ ਤੁਹਾਨੂੰ ਕਹਿੰਦਾ ਹਾਂ ਭਈ ਸੁਲੇਮਾਨ ਵੀ ਆਪਣੀ ਸਾਰੀ ਭੜਕ ਵਿੱਚ ਇਨ੍ਹਾਂ ਵਿੱਚੋਂ ਇੱਕ ਜਿਹਾ ਪਹਿਨਿਆ ਹੋਇਆ ਨਾ ਸੀ। ਸੋ ਜਾਂ ਪਰਮੇਸ਼ੁਰ ਜੰਗਲੀ ਬੂਟੀ ਨੂੰ ਜਿਹੜੀ ਅੱਜ ਹੈ ਅਤੇ ਭਲਕੇ ਤੰਦੂਰ ਵਿੱਚ ਝੋਕੀ ਜਾਂਦੀ ਅਜਿਹਾ ਪਹਿਨਾਉਂਦਾ ਹੈ ਤਾਂ ਹੇ ਥੋੜੀ ਪਰਤੀਤ ਵਾਲਿਓ ਭਲਾ, ਉਹ ਤੁਹਾਨੂੰ ਉਸ ਤੋਂ ਵੱਧ ਨਾ ਪਹਿਨਾਵੇਗਾ? ਸੋ ਤੁਸੀਂ ਚਿੰਤਾ ਕਰ ਕੇ ਇਹ ਨਾ ਕਹੋ ਭਈ ਕੀ ਖਾਵਾਂਗੇ ? ਯਾ ਕੀ ਪੀਵਾਂਗੇ ? ਯਾ ਕੀ ਪਹਿਨਾਂਗੇ ? ਪਰਾਈਆਂ ਕੌਮਾਂ ਦੇ ਲੋਕ ਇਨ੍ਹਾਂ ਸਭਨਾਂ ਵਸਤਾਂ ਨੂੰ ਭਾਲਦੇ ਹਨ, ਕਿਉਂ ਜੋ ਤੁਹਾਡਾ ਸੁਰਗੀ ਪਿਤਾ ਜਾਣਦਾ ਹੈ ਜੋ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਲੋੜ ਹੈ। ਪਰ ਤੁਸੀਂ ਪਹਿਲਾਂ ਉਹ ਦੇ ਰਾਜ ਅਤੇ ਉਹ ਦੇ ਧਰਮ ਨੂੰ ਭਾਲੋ ਤਾਂ ਤੁਹਾਨੂੰ ਏਹ ਸਾਰੀਆਂ ਵਸਤਾਂ ਵੀ ਦਿੱਤੀਆਂ ਜਾਣਗੀਆਂ। ਸੋ ਤੁਸੀਂ ਭਲਕ ਦੇ ਲਈ ਚਿੰਤਾ ਨਾ ਕਰੋ ਕਿਉਂ ਜੋ ਭਲਕ ਆਪਣੇ ਲਈ ਆਪੇ ਚਿੰਤਾ ਕਰੇਗਾ। ਅੱਜ ਦੇ ਲਈ ਅੱਜ ਹੀ ਦਾ ਦੁਖ ਬਥੇਰਾ ਹੈ। ਦੋਸ਼ ਨਾ ਲਾਓ ਤਾਂ ਜੋ ਤੁਹਾਡੇ ਉੱਤੇ ਦੋਸ਼ ਲਾਇਆ ਨਾ ਜਾਏ। ਕਿਉਂਕਿ ਜਿਸ ਨਿਆਉਂ ਨਾਲ ਤੁਸੀਂ ਦੋਸ਼ ਲਾਉਂਦੇ ਹੋ ਉਸੇ ਨਾਲ ਤੁਹਾਡੇ ਉੱਤੇ ਵੀ ਦੋਸ਼ ਲਾਇਆ ਜਾਵੇਗਾ ਅਤੇ ਜਿਸ ਮੇਪ ਨਾਲ ਤੁਸੀਂ ਮਿਣਦੇ ਹੋ ਉਸੇ ਨਾਲ ਤੁਹਾਡੇ ਲਈ ਮਿਣਿਆ ਜਾਵੇਗਾ। ਅਤੇ ਤੂੰ ਉਸ ਕੱਖ ਨੂੰ ਜਿਹੜਾ ਤੇਰੇ ਭਾਈ ਦੀ ਅੱਖ ਵਿੱਚ ਹੈ ਕਿਉਂ ਵੇਖਦਾ ਹੈਂ ਪਰ ਉਸ ਸ਼ਤੀਰ ਦੀ ਵੱਲ ਜੋ ਤੇਰੀ ਆਪਣੀ ਅੱਖ ਵਿੱਚ ਹੈ ਧਿਆਨ ਨਹੀਂ ਕਰਦਾ ? ਅਥਵਾ ਕਿੱਕੁਰ ਤੂੰ ਆਪਣੇ ਭਾਈ ਨੂੰ ਆਖੇਂਗਾ, ਲਿਆ ਤੇਰੀ ਅੱਖ ਵਿੱਚੋਂ ਕੱਖ ਕੱਢ ਸੁੱਟਾਂ ਅਤੇ ਵੇਖ ਤੇਰੀ ਆਪਣੀ ਅੱਖ ਵਿੱਚ ਸ਼ਤੀਰ ਹੈ ! ਹੇ ਕਪਟੀ ਪਹਿਲਾਂ ਉਸ ਸ਼ਤੀਰ ਨੂੰ ਆਪਣੀ ਅੱਖੋਂ ਕੱਢ ਤਾਂ ਚੰਗੀ ਤਰਾਂ ਵੇਖ ਕੇ ਤੂੰ ਉਸ ਕੱਖ ਨੂੰ ਆਪਣੇ ਭਾਈ ਦੀ ਅੱਖੋਂ ਕੱਢ ਸੱਕੇਂਗਾ। ਪਵਿੱਤ੍ਰ ਵਸਤ ਕੁੱਤਿਆਂ ਨੂੰ ਨਾ ਪਾਓ ਅਤੇ ਆਪਣੇ ਮੋਤੀ ਸੂਰਾਂ ਅੱਗੇ ਨਾ ਸੁੱਟੋ ਕਿਤੇ ਐਉਂ ਨਾ ਹੋਵੇ ਜੋ ਓਹ ਉਨ੍ਹਾਂ ਨੂੰ ਆਪਣੇ ਪੈਰਾਂ ਹੇਠ ਮਿੱਧ ਦੇਣ ਅਤੇ ਮੁੜ ਕੇ ਤੁਹਾਨੂੰ ਪਾੜਨ। ਮੰਗੋ ਤਾਂ ਤੁਹਾਨੂੰ ਦਿੱਤਾ ਜਾਵੇਗਾ। ਢੂੰਢੋ ਤਾਂ ਤੁਹਾਨੂੰ ਲੱਭੇਗਾ। ਖੜਕਾਓ ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ। ਕਿਉਂਕਿ ਹਰੇਕ ਮੰਗਣ ਵਾਲਾ ਪਾ ਲੈਂਦਾ ਹੈ ਅਤੇ ਢੂੰਢਣ ਵਾਲੇ ਨੂੰ ਲੱਭਦਾ ਹੈ ਅਤੇ ਖੜਕਾਉਣ ਵਾਲੇ ਲਈ ਖੋਲ੍ਹਿਆ ਜਾਵੇਗਾ। ਯਾ ਤੁਹਾਡੇ ਵਿੱਚੋਂ ਕਿਹੜਾ ਮਨੁੱਖ ਹੈ ਕਿ ਜੇ ਉਸ ਦਾ ਪੁੱਤ੍ਰ ਉਸ ਤੋਂ ਰੋਟੀ ਮੰਗੇ ਤਾਂ ਉਹ ਨੂੰ ਪੱਥਰ ਦੇਵੇ ? ਅਤੇ ਜੇ ਮੱਛੀ ਮੰਗੇ ਤਾਂ ਉਹ ਨੂੰ ਸੱਪ ਦੇਵੇ ? ਸੋ ਜੇ ਤੁਸੀਂ ਬੁਰੇ ਹੋ ਕੇ ਆਪਣਿਆਂ ਬਾਲਕਾਂ ਨੂੰ ਚੰਗੀਆਂ ਦਾਤਾਂ ਦੇਣੀਆਂ ਜਾਣਦੇ ਹੋ ਤਾਂ ਕਿੰਨਾ ਵਧੀਕ ਤੁਹਾਡਾ ਸੁਰਗੀ ਪਿਤਾ ਆਪਣੇ ਮੰਗਣ ਵਾਲਿਆਂ ਨੂੰ ਚੰਗੀਆਂ ਵਸਤਾਂ ਦੇਵੇਗਾ ! ਸੋ ਜੋ ਕੁਝ ਤੁਸੀਂ ਚਾਹੁੰਦੇ ਹੋ ਜੋ ਮਨੁੱਖ ਤੁਹਾਡੇ ਨਾਲ ਕਰਨ ਤੁਸੀਂ ਵੀ ਉਨ੍ਹਾਂ ਨਾਲ ਓਵੇਂ ਹੀ ਕਰੋ ਕਿਉਂ ਜੋ ਤੁਰੇਤ ਅਤੇ ਨਬੀਆਂ ਦਾ ਇਹੋ ਮਤਲਬ ਹੈ। ਭੀੜੇ ਫਾਟਕ ਤੋਂ ਵੜੋ ਕਿਉਂ ਜੋ ਮੋਕਲਾ ਹੈ ਉਹ ਫਾਟਕ ਅਤੇ ਖੁੱਲ੍ਹਾ ਹੈ ਉਹ ਰਾਹ ਜਿਹੜਾ ਨਾਸ ਨੂੰ ਜਾਂਦਾ ਹੈ ਅਰ ਬਹੁਤੇ ਹਨ ਜਿਹੜੇ ਉਸ ਤੋਂ ਜਾਂਦੇ ਹਨ। ਅਤੇ ਭੀੜਾ ਹੈ ਉਹ ਫਾਟਕ ਅਤੇ ਸੌੜਾ ਹੈ ਉਹ ਰਾਹ ਜਿਹੜਾ ਜੀਉਣ ਨੂੰ ਜਾਂਦਾ ਹੈ ਅਤੇ ਜੋ ਉਸ ਨੂੰ ਲੱਭਦੇ ਹਨ ਸੋ ਵਿਰਲੇ ਹਨ। ਝੂਠੇ ਨਬੀਆਂ ਤੋਂ ਹੁਸ਼ਿਆਰ ਰਹੋ ਜਿਹੜੇ ਤੁਹਾਡੇ ਕੋਲ ਭੇਡਾਂ ਦੇ ਭੇਸ ਵਿੱਚ ਆਉਂਦੇ ਹਨ ਪਰ ਅੰਦਰੋਂ ਓਹ ਪਾੜਨ ਵਾਲੇ ਬਘਿਆੜ ਹਨ। ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਭਲਾ, ਕੰਡਿਆਲਿਆਂ ਤੋਂ ਦਾਖ ਯਾ ਊਂਟਕਟਾਰਿਆਂ ਤੋਂ ਹੰਜੀਰ ਤੋੜਦੇ ਹਨ? ਇਸੇ ਪਰਕਾਰ ਹਰੇਕ ਅੱਛਾ ਬਿਰਛ ਚੰਗਾ ਫਲ ਦਿੰਦਾ ਪਰ ਮਾੜਾ ਬਿਰਛ ਬੁਰਾ ਫਲ ਦਿੰਦਾ ਹੈ। ਅੱਛਾ ਬਿਰਛ ਬੁਰਾ ਫਲ ਨਹੀਂ ਦੇ ਸੱਕਦਾ ਅਤੇ ਨਾ ਮਾੜਾ ਬਿਰਛ ਚੰਗਾ ਫਲ ਦੇ ਸੱਕਦਾ ਹੈ। ਹਰੇਕ ਬਿਰਛ ਜਿਹੜਾ ਚੰਗਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ। ਸੋ ਤੁਸੀਂ ਉਨ੍ਹਾਂ ਦੇ ਫਲਾਂ ਤੋਂ ਉਨ੍ਹਾਂ ਨੂੰ ਪਛਾਣੋਗੇ। ਨਾ ਹਰੇਕ ਜਿਹੜਾ ਮੈਨੂੰ ਪ੍ਰਭੁ ! ਪ੍ਰਭੁ ! ਕਹਿੰਦਾ ਹੈ ਸੁਰਗ ਦੇ ਰਾਜ ਵਿੱਚ ਵੜੇਗਾ ਬਲਕਣ ਉਹੋ ਜੋ ਮੇਰੇ ਸੁਰਗੀ ਪਿਤਾ ਦੀ ਮਰਜੀ ਉੱਤੇ ਚੱਲਦਾ ਹੈ। ਉਸ ਦਿਨ ਅਨੇਕ ਮੈਨੂੰ ਆਖਣਗੇ, ਹੇ ਪ੍ਰਭੁ ! ਹੇ ਪ੍ਰਭੁ ! ਕੀ ਅਸਾਂ ਤੇਰਾ ਨਾਮ ਲੈ ਕੇ ਅਗੰਮ ਵਾਕ ਨਹੀਂ ਕੀਤਾ ? ਅਤੇ ਤੇਰਾ ਨਾਮ ਲੈ ਕੇ ਭੂਤ ਨਹੀਂ ਕੱਢੇ ? ਅਤੇ ਤੇਰਾ ਨਾਮ ਲੈ ਕੇ ਬਹੁਤੀਆਂ ਕਰਾਮਾਤਾਂ ਨਹੀਂ ਕੀਤੀਆਂ ? ਤਦ ਮੈਂ ਉਨ੍ਹਾਂ ਨੂੰ ਸਾਫ ਆਖਾਂਗਾ ਭਈ ਮੈਂ ਤੁਹਾਨੂੰ ਕਦੇ ਵੀ ਨਹੀਂ ਜਾਣਿਆ। ਹੇ ਬੁਰਿਆਰੋ, ਮੇਰੇ ਕੋਲੋ ਚੱਲੇ ਜਾਓ ! ਸੋ ਹਰੇਕ ਜੋ ਮੇਰੇ ਏਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਚੱਲਦਾ ਹੈ ਉਹ ਉਸ ਬੁੱਧਵਾਨ ਵਰਗਾ ਜਾਣਿਆ ਜਾਵੇਗਾ ਜਿਹ ਨੇ ਪੱਥਰ ਉੱਤੇ ਆਪਣਾ ਘਰ ਬਣਾਇਆ। ਅਤੇ ਮੀਂਹ ਵਰ੍ਹਿਆ ਅਤੇ ਹੜ੍ਹ ਆਏ ਅਤੇ ਅਨ੍ਹੇਰੀਆਂ ਵਗੀਆਂ ਅਰ ਉਸ ਘਰ ਨੂੰ ਧੱਕਾ ਮਾਰਿਆ ਪਰ ਉਹ ਨਾ ਡਿੱਗਿਆ ਕਿਉਂਕਿ ਉਹ ਦੀ ਨਿਉਂ ਪੱਥਰ ਉੱਤੇ ਧਰੀ ਹੋਈ ਸੀ। ਅਤੇ ਹਰੇਕ ਜੋ ਮੇਰੇ ਏਹ ਬਚਨ ਸੁਣਦਾ ਅਤੇ ਉਨ੍ਹਾਂ ਉੱਤੇ ਨਹੀਂ ਚੱਲਦਾ ਉਹ ਉਸ ਮੂਰਖ ਵਰਗਾ ਠਹਿਰਾਇਆ ਜਾਵੇਗਾ ਜਿਹ ਨੇ ਆਪਣਾ ਘਰ ਰੇਤ ਉੱਤੇ ਬਣਾਇਆ। ਅਤੇ ਮੀਂਹ ਵਰ੍ਹਿਆ ਅਤੇ ਹੜ੍ਹ ਆਏ ਅਤੇ ਅਨ੍ਹੇਰੀਆਂ ਵਗੀਆਂ ਅਰ ਉਸ ਘਰ ਨੂੰ ਧੱਕਾ ਮਾਰਿਆ ਅਤੇ ਉਹ ਢਹਿ ਪਿਆ ਅਤੇ ਉਹ ਦਾ ਵੱਡਾ ਨਾਸ ਹੋਇਆ। ਅਤੇ ਐਉਂ ਹੋਇਆ ਕਿ ਜਾਂ ਯਿਸੂ ਏਹ ਗੱਲਾਂ ਕਰ ਹਟਿਆ ਤਾਂ ਭੀੜ ਉਹ ਦੇ ਉਪਦੇਸ਼ ਤੋਂ ਹੈਰਾਨ ਹੋਈ। ਕਿਉਂ ਜੋ ਉਹ ਉਨ੍ਹਾਂ ਦੇ ਗ੍ਰੰਥੀਆਂ ਵਾਂਙੁ ਨਹੀਂ ਪਰ ਇਖ਼ਤਿਆਰ ਵਾਲੇ ਵਾਂਙੁ ਉਨ੍ਹਾਂ ਨੂੰ ਉਪਦੇਸ਼ ਦਿੰਦਾ ਸੀ।


ਉੱਪਰ ਯਿਸੂ ਦੇ ਵਿਦਿਆਰਥੀ, ਮੱਤੀ ਦੁਆਰਾ ਲਿਖੀ ਕਿਤਾਬ (ਅਧਿਆਇ 5-7), ਜੋ ਕਿ ਉਸਦੇ ਚੰਗੇ ਸੰਦੇਸ਼ ਦੇ ਰਿਕਾਰਡ ਹੈ, ਦੇ ਪੰਜਾਬੀ ਅਨੁਵਾਦ ਤੋਂ ਲਿਆ ਗਿਆ ਹਵਾਲਾ ਹੈ।

ਇਸ ਬਾਰੇ ਹੋਰ ਜਾਣਕਾਰੀ ਪ੍ਰਾਪਤ ਕਰਨ ਲਈ ਕਿ ਯਿਸੂ ਨੇ ਕੀ ਕੁਝ ਕਿਹਾ ਹੈ ਅਤੇ ਉਸਦੀ ਸਲਤਨਤ ਦਾ ਹਿੱਸਾ ਕਿਵੇਂ ਬਣਿਆ ਜਾ ਸਕਦਾ ਹੈ, ਉਸਦੇ ਚਾਰ ਮੁਢਲੇ ਚੇਲਿਆਂ, ਮੱਤੀ, ਮਰਕੁਸ, ਲੂਕਾ ਅਤੇ ਯੂਹੰਨਾ ਦੁਆਰਾ ਉਸ ਬਾਰੇ ਲਿਖੀਆਂ ਕਿਤਾਬਾਂ ਪੜ੍ਹੋ। ਇਹ ਕਿਤਾਬਾਂ ਈਸਾਈਆਂ ਦੇ ਬਾਈਬਲ ਵਿਚ ਸ਼ਾਮਲ ਹਨ। ਯਿਸੂ ਦੀਆਂ ਗੱਲਾਂ ਨੂੰ ਗੰਭੀਰਤਾ ਨਾਲ ਲੈਣ ਲਈ ਹੋਰ ਉਤਸ਼ਾਹ ਵਾਸਤੇ ਜਾਂ ਉਸਦੇ ਮੁਢਲੇ ਚੇਲਿਆਂ ਦੁਆਰਾ ਉਸ ਬਾਰੇ ਲਿਖੀਆਂ ਕਿਤਾਬਾਂ ਦਾ ਪੰਜਾਬੀ ਅਨੁਵਾਦ ਪੜ੍ਹਨ ਲਈ www.jesussaid.info 'ਤੇ ਜਾਓ।

ਇਹ ਕਿਤਾਬਚਾ ਜਨਤਕ ਖੇਤਰ ਵਿੱਚ ਹੈ।